ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਵਿਜੀਲੈਂਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।
ਆਸ਼ੂ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਮਿਤ ਮੱਕੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਅਦਾਲਤ ਨੇ ਉਸ ਨੂੰ 27 ਅਗਸਤ ਤੱਕ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਬਚਾਅ ਪੱਖ ਦੇ ਵਕੀਲਾਂ ਨੇ ਪੂਰੇ ਮਾਮਲੇ ਨੂੰ ਝੂਠਾ ਅਤੇ ਬੇਤੁਕਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ “ਸਿਰਫ਼ ਕੁਝ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਸਿਆਸੀ ਬਦਲਾਖੋਰੀ ਅਤੇ ਦੁਸ਼ਮਣੀ” ਦਾ ਸਪੱਸ਼ਟ ਮਾਮਲਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ, ਜੋ ਪਿਛਲੀ ਕਾਂਗਰਸ ਸਰਕਾਰ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ।
ਆਸ਼ੂ, ਜੋ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਨ, ਨੂੰ ਕਾਂਗਰਸ ਸਰਕਾਰ ਦੌਰਾਨ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਸਬੰਧਤ ਇੱਕ ਕਥਿਤ ਘੁਟਾਲੇ ਲਈ ਲੁਧਿਆਣਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।