ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਹ ਮਹਾਨ ਸ਼ਹੀਦ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਦੇਸ਼ ਨੂੰ ਵਿਦੇਸ਼ੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਅਤੇ ਇਸ ਨਾਲ ਇਸ ਐਵਾਰਡ ਦੀ ਸੋਭਾ ਹੋਰ ਵਧੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਇਹ ਐਵਾਰਡ ਦਿੱਤਾ ਜਾਵੇ। ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਕੋਲ ਚੁੱਕੇਗੀ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਿੰਡ ਸਰਾਭਾ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਹੀ ਮਾਅਨਿਆਂ ਵਿਚ ਇਸ ਨੌਜਵਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰਨ ਤੌਰ ਉਤੇ ਵਚਨਬੱਧ ਹੈ, ਜਿਨ੍ਹਾਂ ਨੇ ਬਰਤਾਨਵੀ ਹਕੂਮਤ ਖਿਲਾਫ਼ ਲੜਦਿਆਂ ਵਤਨ ਦੀ ਆਜ਼ਾਦੀ ਲਈ ਮਹਾਨ ਕੁਰਬਾਨੀ ਦਿੱਤੀ।