ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਚਿਹਰੇ ਮੌਜੂਦ ਹਨ। ਗੁਰੂ ਸਾਹਿਬ ਦੇ ਚਰਨਾਂ ‘ਚ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਨੇ ਗੁਰੂ ਦਾ ਲੰਗਰ ਛਕਿਆ। ਇਸ ਤੋਂ ਬਾਅਦ ਉਹ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਕਰਨਗੇ। ਜਾਣਕਾਰੀ ਅਨੁਸਾਰ ਉਹ ਅੱਜ ਰਾਤ ਫਤਿਹਗੜ੍ਹ ਸਾਹਿਬ ਵਿਖੇ ਰੁਕਣਗੇ। ਭਾਰਤ ਜੋੜੋ ਯਾਤਰਾ ਭਲਕੇ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 20 ਜਨਵਰੀ ਤੱਕ ਪੰਜਾਬ ਵਿੱਚ ਰਹੇਗੀ।
ਖ਼ਬਰ ਆਈ ਸੀ ਕਿ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ। ਦੱਸ ਦੇਈਏ ਕਿ ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਅੰਮ੍ਰਿਤਸਰ ਏਅਰਪੋਰਟ ਰਾਜਾਸਾਂਸੀ ਪੁੱਜੇ ਜਿੱਥੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੌਜੂਦ ਸਨ। ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਹਵਾਈ ਅੱਡੇ ਲਈ ਰਵਾਨਾ ਹੋਏ।
‘ਭਾਰਤ ਜੋੜੋ ਯਾਤਰਾ’ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਹੁਣ ਪੰਜਾਬ ਪਹੁੰਚ ਚੁੱਕੀ ਹੈ। ਪੰਜਾਬ ਤੋਂ ਬਾਅਦ ਇਹ ਯਾਤਰਾ ਹਿਮਾਚਲ ਪ੍ਰਦੇਸ਼ ਅਤੇ ਫਿਰ ਜੰਮੂ-ਕਸ਼ਮੀਰ ਜਾਵੇਗੀ। ਯਾਤਰਾ ਸ਼੍ਰੀਨਗਰ ਵਿੱਚ ਸਮਾਪਤ ਹੋਵੇਗੀ।