ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਨੂੰ ਪੈਰੋਲ ਮਿਲਣ ‘ਤੇ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਨੂੰ ਇਕ ਵਾਰ ਫਿਰ ਪੈਰੋਲ ਦਿੱਤੇ ਜਾਣ ‘ਤੇ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ‘ਤੇ ਲਿਖਿਆ, ‘ਬਲਾਤਕਾਰੀ ਕਾਤਲ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦੇ ਦਿੱਤੀ ਗਈ ਹੈ। ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ ਹੋ ਚੁੱਕੀਆਂ ਹਨ। ਦੇਸ਼ ਵਾਸੀ ਆਪਣੀਆਂ ਧੀਆਂ ਨੂੰ ਬਚਾਉਣ, ਬਲਾਤਕਾਰੀ ਆਜ਼ਾਦ ਘੁੰਮਣਗੇ!’
ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ 2017 ਤੋਂ ਹੀ ਜੇਲ੍ਹ ਵਿਚ ਬੰਦ ਹੈ। ਇਸ ਤੋਂ ਬਾਅਦ ਉਸ ਨੂੰ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 2022 ਵਿਚ ਉਸ ਨੂੰ 3 ਵਾਰ ਪੈਰੋਲ ਮਿਲੀ ਸੀ। ਡੇਰਾ ਮੁਖੀ ਦੀ ਆਖ਼ਰੀ 40 ਦਿਨ ਦੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖ਼ਤਮ ਹੋਈ ਸੀ। ਉਹ 14 ਅਕਤੂਬਰ ਨੂੰ ਰਿਹਾਅ ਹੋਣ ਮਗਰੋਂ ਉੱਤਰ ਪ੍ਰਦੇਸ਼ ਵਿਚ ਆਪਣੇ ਬਰਵਾਨਾ ਆਸ਼ਰਮ ਗਿਆ ਸੀ।