ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਸੂਬੇ ਦੇ ਜੰਮੇ ਪਲੇ ਹਨ ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਤਾਂ ਹੁਣ ਵੀ ਸਾਨੂੰ ਨਿੰਦਣ ਦਾ ਕੋਈ ਮੌਕਾ ਨਹੀਂ ਛੱਡਦੇ ਕਿਉਂਕਿ ਅਸੀਂ ਸੱਤਾ ਵਿਚ ਆਉਂਦੇ ਹੀ ਪੰਜਾਬ ਵਿਚ ਮਾਫੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਹੈ ਅਤੇ ਬੁਖਲਾਏ ਹੋਏ ਇਨ੍ਹਾਂ ਆਗੂਆਂ ਨੂੰ ਇਹ ਸਭ-ਕੁਝ ਰਾਸ ਨਹੀਂ ਆ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾ ਕੇ ਉਨ੍ਹਾਂ ਵਿਚ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਇਹ ਭਰੋਸਾ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਣਗੇ।
ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ।
ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।” ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।