ਗੁਰਮੀਤ ਰਾਮ ਰਹੀਮ ਨੂੰ ਬਠਿੰਡਾ ਦੇ ਸਲਾਬਤਪੁਰਾ ‘ਚ 29 ਜਨਵਰੀ ਨੂੰ ਸਤਿਸੰਗ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਸ ਸਮਾਗਮ ਦੀ ਇਜਾਜ਼ਤ ਮਿਲਣ ਤੋਂ ਬਾਅਦ ਰਾਮ ਰਹੀਮ ਦੇ ਪੈਰੋਕਾਰਾਂ ਨੇ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਰਾਮ ਰਹੀਮ ਪੰਜਾਬ ਦੇ ਪ੍ਰੇਮੀਆਂ ਨੂੰ ਆਨਲਾਈਨ ਸੰਬੋਧਨ ਕਰਨਗੇ। ਉੱਥੇ ਹੀ ਦੂਜੇ ਪਾਸੇ SGPC ਨੇ ਰਾਮ ਰਹੀਮ ਦੀ ਪੈਰੋਲ ਖਿਲਾਫ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਹਰਿਆਣਾ ਸਰਕਾਰ ‘ਤੇ ਸਵਾਲ ਚੁੱਕੇ ਹਨ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ। ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਪੰਜਾਬ ਦੀ ਸਰਕਾਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ।