ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣ ਨੇੜੇ ਆ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਾ ਹੋਇਆ ਹੈ। ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ। 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਤੇ 13 ਮਈ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਸਿਆਸਤ ਵੀ ਪੂਰੇ ਜੌਬਨ ਤੇ ਹੈ। ਆਏ ਦਿਨ ਆਗੂਆਂ ਦੇ ਬਿਆਨ ਤੇ ਜਿੱਤ ਦੇ ਦਾਅਵੇ ਸਾਹਮਣੇ ਆ ਰਹੇ ਹਨ ।
ਬੀਤੇ ਦਿਨ ਵਾਇਰਲ ਹੋਈ ਕਾਂਗਰਸ ਦੀ ਪੈਸੇ ਵੰਡਣ ਦੀ ਵੀਡਿਓ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਲੋਕਾਂ ਨੂੰ ਮੂੰਹ ਨਾ ਲਗਾਉਣ ਜਿਹੜੇ ਲੋਕਾਂ ਦਾ ਹੱਕ ਤੇ ਵੋਟ ਖਰੀਦ ਰਹੇ ਹਨ। ਉਧਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮਾਨ ਸਰਕਾਰ ਨੂੰ ਘੇਰਿਆ ਤੇ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਾਡੇ ਕੋਲ ਨਾ ਤਾਂ ਪੈਸੇ ਨੇ, ਨਾ ਅਸੀਂ ਇਹੋ ਜਿਹੀ ਰਾਜਨੀਤੀ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਨੇ ਕੁੜੀ ਨੂੰ ਸ਼ਗਨ ਵਜੋਂ ਪੈਸੇ ਦਿੱਤੇ। ਰਾਜਾ ਵੜਿੰਗ ਨੇ ਕਾਂਗਰਸ ਨੂੰ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਜਲੰਧਰ ਚ ਪ੍ਰੈੱਸ ਕਾਨਫਰੰਸ ਕੀਤੀ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਗੰਭੀਰ ਇਲਜ਼ਾਮ ਲਗਾਏ। ਖਹਿਰਾ ਨੇ ਕਿਹਾ ਕਿ ਮੰਤਰੀ ਨੇ ਆਪਣੇ ਤਿੰਨ ਰਿਸ਼ਤੇਦਾਰਾਂ ਨੂੰ ਨੌਕਰੀਆਂ ਦਿੱਤੀਆਂ। ਜਿਨ੍ਹਾਂ ਦੀ ਪੰਜਾਬ ਦੀ ਜਨਤਾ ਹੱਕਦਾਰ ਹੈ। ਉਨ੍ਹਾਂ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਕਾਰਵਾਈ ਦੀ ਮੰਗ ਕੀਤੀ।
ਜੇ ਅਜਿਹਾ ਨਹੀਂ ਹੁੰਦਾ ਤਾਂ ਉਹ ਇਲੈਕਸ਼ਨ ਕਮਿਸ਼ਨ ਨੂੰ ਕੰਪਲੇਟ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਸਭ ਕੁਝ ਕੀਤਾ। ਉਨ੍ਹਾਂ ਨੇ ਆਪਣੇ ਤੇ ਦਰਜ ਹੋਏ ਪਰਚੇ ਤੇ ਸੀਐੱਮ ਮਾਨ ਨੂੰ ਘੇਰਿਆ। ਖਹਿਰਾ ਨੇ ਬੀਬੀ ਕਰਮਜੀਤ ਕੌਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।