ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪਲ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸੂਬੇ ਭਰ ਤੋਂ ਲਗਾਤਾਰ ਰਿਪੋਰਟਾਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਿਆਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਅਤੇ ਪਾਣੀ ਦੇ ਪੱਧਰ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਦੂਰ-ਦੁਰਾਡੇ ਹਿੱਸੇ ਵਿੱਚ ਬੈਠੇ ਆਖਰੀ ਵਿਅਕਤੀ ਨੂੰ ਰਾਹਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਤੱਕ ਰਾਹਤ ਪਹੁੰਚਾਉਣ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਕਰਨ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਬੁੱਧਵਾਰ ਸ਼ਾਮ ਤੱਕ ਸੂਬੇ ਵਿੱਚ ਸਥਿਤੀ ਸੁਧਰ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪਹਿਲਾਂ ਹੀ ਆਪੋ-ਆਪਣੇ ਕਾਰਜ ਖੇਤਰਾਂ ਵਿੱਚ ਤਾਇਨਾਤ ਹਨ ਅਤੇ ਇਸ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।