ਪਲਾਟ ਖਰੀਦਣ ਦੇ ਮਾਮਲੇ ‘ਚ ਫਸੇ ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹੁਣ ਉਸ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਖ਼ਬਰ ਆਈ ਹੈ ਕਿ ਬਠਿੰਡਾ ਅਦਾਲਤ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਤੱਕ ਟਾਲ ਦਿੱਤੀ ਗਈ ਹੈ।
ਮਨਪ੍ਰੀਤ ਬਾਦਲ ਨੇ ਅੱਜ ਅਦਾਲਤ ਤੋਂ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਇਸ ਤੋਂ ਬਾਅਦ ਹੁਣ ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਕੋਠੀ ਬਣਾਉਣ ਦੇ ਲਈ ਬਠਿੰਡਾ ਦੇ ਮਾਡਲ ਟਾਊਨ ਫੇਜ਼-1 ਬੀ.ਡੀ.ਏ. ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਪਾਰਕ ਪਲਾਟ ਨੂੰ ਰਿਹਾਇਸ਼ੀ ਪਲਾਟ ਵਿੱਚ ਤਬਦੀਲ ਕਰਕੇ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਇੱਕ ਪੀ.ਸੀ.ਐਸ ਅਧਿਕਾਰੀ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਭਾਗ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।