ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਇੱਕ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਉ ਵਿੱਚ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਆਪਣੀ ਸਿਆਸੀ ਪਾਰਟੀ ਬਣਾਉਣਗੇ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਤੋਂ ਇਲਾਵਾ ਕਿਸੇ ਹੋਰ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਖੇਤੀਬਾੜੀ ਕਾਨੂੰਨ ਦਾ ਮੁੱਦਾ ਛੇਤੀ ਹੀ ਸੁਲਝਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵਿੱਚ ਕਾਟੋ ਝਗੜਾ ਲੰਮੇ ਸਮੇਂ ਤੋਂ ਚੱਲ ਰਿਹਾ ਸੀ। ਇਸ ਝਗੜੇ ਕਾਰਨ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਗੁੱਸੇ ਵਿੱਚ ਹਨ। ਉਨ੍ਹਾਂ ਨੇ ਇਸ ਦੌਰਾਨ ਕਾਂਗਰਸ ਹਾਈ ਕਮਾਂਡ ਨੂੰ ਵੀ ਨਿਸ਼ਾਨਾ ਬਣਾਇਆ ਸੀ। ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਹ ਕਾਂਗਰਸ ਦਾ ਹਿੱਸਾ ਨਹੀਂ ਬਣਨਗੇ। ਦੂਜੇ ਪਾਸੇ, ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਈ ਮੀਟਿੰਗਾਂ ਕੀਤੀਆਂ ਹਨ।