ਅੰਮ੍ਰਿਤਸਰ : ਬੀਤੀ ਰਾਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਰਿਸਰ ਵਿੱਚ ਇੱਕ ਨਾਨ-ਵੈਜ ਪਾਰਟੀ ਹੋਈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਨੇੜੇ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ, ਜੋ ਕਿ ਨਾ ਸਿਰਫ਼ ਚਰਚਾ ਦਾ ਵਿਸ਼ਾ ਹੈ ਸਗੋਂ ਮਰਿਆਦਾ ਨਾਲ ਵੀ ਜੁੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਉਹ ਇਸ ਲਈ ਜਲਦੀ ਹੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪੱਤਰ ਲਿਖਣ ਜਾ ਰਹੇ ਹਨ। ਗੁਰੂਘਰਾਂ ਦੀ ਮਰਿਆਦਾ ਦੀ ਵਾਰ-ਵਾਰ ਉਲੰਘਣਾ ਕੀਤੀ ਜਾਂਦੀ ਹੈ। ਜਿਸ ਕਾਰਨ ਦੁਨੀਆਂ ਭਰ ਦੇ ਸਿੱਖਾਂ ਦੀ ਆਸਥਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਅਸੀਂ ਉਥੇ ਜੋ ਕੁਝ ਵੀ ਵਾਪਰਿਆ, ਉਸ ਦੀ ਰਿਪੋਰਟ ਮੰਗ ਰਹੇ ਹਾਂ ਅਤੇ ਅਸੀਂ ਪਾਕਿਸਤਾਨ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਗੁਰਦੁਆਰੇ ਦੀ ਪਵਿੱਤਰਤਾ ਦਾ ਧਿਆਨ ਰੱਖਿਆ ਜਾਵੇ।