ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ ਉਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਕੱਟ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬ ਗੱਲ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਨ ਦੇ ਬਾਵਜੂਦ ਭਾਜਪਾ ਦੇ ਸੂਬਾਈ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਇਸ ਸਮੁੱਚੇ ਮਸਲੇ ਉਤੇ ਚੁੱਪ ਧਾਰੀ ਬੈਠੇ ਹਨ।
ਪੰਜਾਬ ਵਿਧਾਨ ਸਭਾ ਵਿੱਚ ਬਹਿਸ ਵਿੱਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਨੇ ਦੇਸ਼ ਦੇ ਅਨਾਜ ਉਤਪਾਦਨ ਵਿੱਚ ਅਹਿਮ ਯੋਗਦਾਨ ਪਾਉਣ ਤੋਂ ਇਲਾਵਾ ਭਾਰਤੀ ਫੌਜ ਵਿੱਚ ਸਭ ਤੋਂ ਵੱਧ ਨੁਮਾਇੰਦਗੀ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ RDF ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ GST ਸੂਬੇ ਇਕੱਤਰ ਕਰਦੇ ਹਨ ਪਰ ਆਪਣਾ ਬਣਦਾ ਹਿੱਸਾ ਲੈਣ ਲਈ ਕੇਂਦਰ ਸਰਕਾਰ ਅੱਗੇ ਹੱਥ ਅੱਡਣੇ ਪੈਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ, ਜਿਵੇਂ ਪੰਜਾਬ ਇਸ ਦੇਸ਼ ਦਾ ਹੀ ਹਿੱਸਾ ਨਹੀਂ ਹੈ ਅਤੇ ਦੇਸ਼ ਨਿਰਮਾਣ ਵਿੱਚ ਪੰਜਾਬੀਆਂ ਦੇ ਮਹਾਨ ਬਲੀਦਾਨ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਨੂੰ ਬਿਲਕੁੱਲ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਸਰਕਾਰਾਂ ਵਾਲੇ ਸੂਬਿਆਂ ਖ਼ਾਸ ਤੌਰ ਉਤੇ ਪੰਜਾਬ ਦੀ ਬਾਂਹ ਮਰੋੜਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲੋਂ ਝਾਕ ਰੱਖਣੀ ਬੰਦ ਕਰਨ ਅਤੇ ਪੰਜਾਬ ਦੀ ਅਮੀਰ ਵਿਰਾਸਤ, ਵਿੱਤ ਤੇ ਰਵਾਇਤ ਨੂੰ ਬਚਾਉਣ ਲਈ ਅੱਗੇ ਆਉਣ ਤੇ ਰੰਗਲਾ ਪੰਜਾਬ ਬਣਾਉਣ ਦੇ ਲੰਮੇਰੇ ਰਾਹ ਦੇ ਪਾਂਧੀ ਬਣਨ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਅਤੇ ਇਸ ਦੇ ਕਿਸਾਨਾਂ ਪ੍ਰਤੀ ਵੀ ਵਿਰੋਧੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਵਿਰੋਧੀ ਰਵੱਈਏ ਕਾਰਨ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਅਤੇ ਕੇਂਦਰ ਸਰਕਾਰ ਹੁਣ ਅਨਾਜਾਂ ਉਤੇ ਐਮ.ਐਸ.ਪੀ. ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਵਿੱਚ ਵਾਤਾਵਰਨ ਪ੍ਰਦੂਸ਼ਣ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਦੇ ਕਿਸਾਨਾਂ ਸਿਰ ਸੁੱਟ ਕੇ ਇਸ ਨੂੰ ਪਰਾਲੀ ਫੂਕਣ ਕਾਰਨ ਹੋਇਆ ਪ੍ਰਦੂਸ਼ਣ ਦੱਸ ਰਹੀ ਹੈ।