ਮੋਸਟ ਵਾਂਟੇਡ ਅੱਤਵਾਦੀ ਅਤੇ ਮੁੰਬਈ ਹਮਲਿਆਂ ਦੇ ਦੋਸ਼ੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਮੀਡੀਆ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਉਸ ਨੂੰ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਖਬਰ ਦੀ ਪੁਸ਼ਟੀ ਨਹੀਂ ਹੈ।
ਦਾਊਦ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ। ਕੋਈ ਵੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਸਕਿਆ ਹੈ ਕਿ ਦਾਊਦ ਨੂੰ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਾਂ ਨਹੀਂ। ਕਿਆਸ ਹਨ ਕਿ ਉਸ ਦੇ ਅਚਾਨਕ ਹਸਪਤਾਲ ਵਿੱਚ ਦਾਖਲ ਹੋਣ ਦਾ ਕਾਰਨ ਜ਼ਹਿਰ ਹੈ। ਕੁਝ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਦਾਊਦ ਨੂੰ ਅਣਪਛਾਤੇ ਲੋਕਾਂ ਨੇ ਜ਼ਹਿਰ ਦਿੱਤਾ ਸੀ, ਜਿਸ ਕਾਰਨ ਉਸ ਦੀ ਸਿਹਤ ਅਚਾਨਕ ਵਿਗੜ ਗਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦਾਅਵਾ ਕੀਤਾ ਗਿਆ ਸੀ ਕਿ ਦਾਊਦ ਕਈ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ। ਹਾਲ ਹੀ ਵਿੱਚ ਚਰਚਾ ਸੀ ਕਿ ਬਿਮਾਰੀ ਕਾਰਨ ਕਰਾਚੀ ਦੇ ਇੱਕ ਹਸਪਤਾਲ ਵਿੱਚ ਉਸਦੇ ਦੋ ਪੈਰਾਂ ਦੀਆਂ ਉਂਗਲਾਂ ਕੱਟ ਦਿੱਤੀਆਂ ਗਈਆਂ ਸਨ। ਹਾਲਾਂਕਿ ਇਸ ਦੀ ਵੀ ਪੁਸ਼ਟੀ ਨਹੀਂ ਹੋ ਸਕੀ ਹੈ।