ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਨੇ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਦੀ ਇਤਰਾਜ਼ਯੋਗ ਵੀਡੀਓ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਕਿਸੇ ਕੇਂਦਰੀ ਏਜੰਸੀ ਕੋਲੋਂ ਜਾਂਚ ਦੇ ਹੁਕਮ ਦਿੱਤੇ ਜਾਣ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ। ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਬਲਕਾਰ ਸਿੰਘ ਅਤੇ ਆਪ ਦੇ ਹੋਰ ਮੰਤਰੀ ਜੋ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹਨ, ਉਹਨਾਂ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇ।
ਵਫਦ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਸ਼ਾਮਲ ਸਨ। ਵਫਦ ਨੇ ਰਾਜਪਾਲ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਉਹਨਾਂ ਨੂੰ ਦੱਸਿਆਕਿ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਦੀ ਮਦਦ ਕਰ ਰਹੇ ਹਨ ਤੇ ਕੇਸ ਵਿਚ ਨਿਆਂ ਦੀ ਉਹਨਾਂ ਤੋਂ ਆਸ ਨਹੀਂ ਕੀਤੀ ਜਾ ਸਕਦੀ। ਵਫਦ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਪੀੜਤ ਨੂੰ ਡਰਾਇਆ ਧਮਕਾਇਆ ਗਿਆ ਹੈ ਅਤੇ ਦਬਾਅ ਬਣਾਇਆ ਗਿਆ ਹੈ ਕਿ ਉਹ ਮੰਤਰੀ ਖਿਲਾਫ ਸ਼ਿਕਾਇਤ ਲਈ ਅੱਗੇ ਨਾ ਆਵੇ। ਵਫਦ ਨੇ ਕਿਹਾ ਕਿ ਨਿਰਪੱਖ ਜਾਂਚ ਦੇ ਨਾਲ ਮੰਤਰੀ ਦੀ ਬਰਖ਼ਾਸਤਗੀ ਹੀ ਮਾਮਲੇ ਦਾ ਸੱਚ ਸਾਹਮਣੇ ਲਿਆਉਣ ਦਾ ਸਬੱਬ ਬਣ ਸਕਦੀ ਹੈ।
ਮਜੀਠੀਆ ਤੇ ਡਾ. ਚੀਮਾ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਅਮਨ ਅਰੋੜਾ ਨੂੰ ਗਣਤੰਤਰ ਦਿਵਸ ’ਤੇ ਤਿਰੰਗਾ ਲਹਿਰਾਉਣ ਤੋਂ ਰੋਕਣ। ਉਹਨਾਂ ਕਿਹਾ ਕਿ ਕਟਾਰੂਚੱਕ ’ਤੇ ਬਦਫੈਲੀ ਕਰਨ ਦਾ ਦੋਸ਼ ਹੈ ਤੇ ਮੁੱਖ ਮੰਤਰੀ ਦੇ ਕਹਿਣ ’ਤੇ ਰਾਜ ਦੀ ਪੁਲਿਸ ਨੇ ਕੇਸ ਦਬਾ ਦਿੱਤਾ ਹੈ। ਅਜਿਹੇ ਘਿਨੌਣੇ ਅਪਰਾਧ ਵਿਚ ਸ਼ਾਮਲ ਵਿਅਕਤੀ ਨੂੰ ਅਜਿਹੇ ਸਰਕਾਰੀ ਸਮਾਗਮਾਂ ਤੋਂ ਦੂਰ ਰੱਖਿਆ ਜਾਵੇ ਜਿਥੇ ਮੁੱਖ ਮਹਿਮਾਨਾਂ ਨੂੰ ਰੋਲ ਮਾਡਲ ਵਜੋਂ ਵੇਖਿਆ ਜਾਂਦਾ ਹ। ਉਹਨਾਂ ਕਿਹਾ ਕਿ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਈ ਹੈ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਉਹਨਾਂ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ ਤੇ ਉਹਨਾਂ ਨੂੰ 26 ਜਨਵਰੀ ਨੂੰ ਕੌਮੀ ਤਿਰੰਗਾ ਲਹਿਰਾਉਣ ਨਹੀਂ ਦੇਣਾ ਚਾਹੀਦਾ।
ਬਾਅਦ ਵਿਚ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਦੀ ਗੱਲ ਕਰਦਿਆਂ ਦੱਸਿਆ ਕਿ ਉਹਨਾਂ ਨੇ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਨੂੰ ਦੱਸਿਆ ਸੀ ਕਿ ਉਹਨਾਂ ਕੋਲ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਹੈ ਜੋ ਉਹ ਉਹਨਾਂ ਨੂੰ ਸੌਂਪਣਾ ਚਾਹੁੰਦੇ ਹਨ।