ਕਿਸਾਨ ਅੰਦੋਲਨ ਦੇ ਚਲਦਿਆਂ ਤੀਜੇ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਪਾਲ (43) ਵਜੋਂ ਹੋਈ ਹੈ, ਜੋਕਿ ਪਟਿਆਲਾ ਦੇ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਲਗਾਏ ਧਰਨੇ ਦੌਰਾਨ ਉਸਦੀ ਮੌਤ ਗਈ।
ਨਰਿੰਦਰ ਪਾਲ ਦੀਆਂ 2 ਬੇਟੀਆਂ ਅਤੇ ਇਕ ਬੇਟਾ ਹੈ, ਜਿਸ ਦੀ ਆਰਥਿਕ ਹਾਲਤ ਵੀ ਕੋਈ ਵਧੀਆ ਨਹੀਂ ਦੱਸੀ ਜਾ ਰਹੀ ਹੈ। ਅੱਜ ਨਰਿੰਦਰ ਪਾਲ ਦੀ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਆਗੂ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਪਹੁੰਚੇ ਹੋਏ ਸਨ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਰਿੰਦਰ ਪਾਲ ਦੇ ਪਰਿਵਾਰ ’ਚੋਂ ਇਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ ਅਤੇ ਪਰਿਵਾਰ ਦੀ ਵਿੱਤੀ ਸਹਾਇਤਾ ਕੀਤੀ ਜਾਵੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨ ਅੰਦਲੋਨ ਦੌਰਾਨ ਇਹ ਤੀਜੇ ਕਿਸਾਨ ਦੀ ਮੌਤ ਹੋਈ ਹੈ। ਇਸ ਦੇ ਪਹਿਲਾਂ ਇਕ ਗੁਰਦਾਸਪੁਰ ਦੇ ਰਹਿਣ ਵਾਲੇ ਗਿਆਨ ਸਿੰਘ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਪਟਿਆਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਖਨੌਰੀ ਬਾਰਡਰ ‘ਤੇ ਧਰਨੇ ਦੌਰਾਨ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ ਸੀ।