ਕਿਸਾਨਾਂ ਵੱਲੋਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਜਦੋਂ ਦੁਪਹਿਰ ਸਮੇਂ ਕਿਸਾਨ ਹਰਿਆਣਾ ਦੇ ਬਾਰਡਰ ਵੱਲ ਵਧਣ ਲੱਗੇ ਤਾਂ ਪੁਲਿਸ ਵੱਲੋਂ ਅੰਨ੍ਹੇਵਾਹ ਅੱਥਰੂ ਗੈਸ ਤੇ ਰਬੜ ਦੀਆਂ ਗੋਲ਼ੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਕਈ ਕਿਸਾਨ ਜਖ਼ਮੀ ਹੋ ਗਏ। ਉਥੇ ਹੀ, ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋਂ ਨਾਲ ਸਬੰਧਤ 23 ਸਾਲਾ ਸ਼ੁਭ ਕਰਮਨ ਸਿੰਘ ਪੁੱਤਰ ਚਰਨਜੀਤ ਸਿੰਘ ਦੀ ਮੌਤ ਹੋ ਗਈ ਹੈ। ਸ਼ੁਭ ਕਰਮਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਦੋ ਨੌਜਵਾਨਾ ਗੰਭੀਰ ਜਖਮੀ ਹੋ ਗਏ ਹਨ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ ਵਿਅਕਤੀ ਨੂੰ ਪੀਜੀਆਈ ਰੋਹਤਕ ਰੈਫਰ ਕੀਤਾ ਗਿਆ ਹੈ।
ਜ਼ਖਮੀ ਹੋਏ ਕਿਸਾਨਾਂ ਵਿੱਚ ਦਿਲਾਵਰ ਸਿੰਘ ਪੁੱਤਰ ਬਚਨਾ ਸਿੰਘ ਪਿੰਡ ਔਲਖ ਜ਼ਿਲ੍ਹਾ ਮੁਕਤਸਰ, ਜਸਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ, ਕੋਮਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਮਹਿਮਾ ਸਰਜਾ ਜ਼ਿਲ੍ਹਾ ਬਠਿੰਡਾ, ਜੁਗਰਾਜ ਸਿੰਘ ਪੁੱਤਰ ਤੇਜ ਸਿੰਘ ਪਿੰਡ ਭਟਾਲ ਖੁਰਦ ਜ਼ਿਲ੍ਹਾ ਸੰਗਰੂਰ, ਨਰੇਸ਼ ਪੁੱਤਰ ਬਲਵੰਤ ਸਿੰਘ ਵਾਸੀ ਹਿਸਾਰ ਹਰਿਆਣਾ, ਸਿਮਰਨ ਸਿੰਘ ਪੁੱਤਰ ਕਰਮਜੀਤ ਸਿੰਘ ਪਿੰਡ ਸ਼ੇਰੋਂ ਜਿਲਾ ਸੰਗਰੂਰ, ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਪਰਭੌਤ ਜ਼ਿਲ੍ਹਾ ਕੈਥਲ (ਹਰਿਆਣਾ), ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਤੇ ਸੰਦੀਪ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਮੌੜ ਜ਼ਿਲ੍ਹਾ ਸੰਗਰੂਰ ਸ਼ਾਮਿਲ ਹਨ।