GTA News Media

Top Info Bar
22.1°C Toronto Loading date...
Punjab

ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਕਿਸਾਨ ਸੰਘਰਸ਼ ਦੌਰਾਨ ਨਿਰੰਤਰ ਜਾਰੀ ਰਹਿਣਗੀਆਂ ਲੰਗਰ ਤੇ ਮੈਡੀਕਲ ਸੇਵਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
Share this post via:

ਪਟਿਆਲਾ/ਸ਼ੰਭੂ ਬਾਰਡਰ 24 ਫਰਵਰੀ- ਸਰਕਾਰਾਂ ਦੀ ਅਣਦੇਖੀ ਅਤੇ ਨਲਾਇਕੀ ਕਾਰਨ ਦੇਸ਼ ਲਈ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਕਿਸਾਨਾਂ ਤੇ ਕਿਸਾਨੀ ਦਾ ਲੱਕ ਤੋੜਿਆ ਜਾ ਰਿਹਾ ਹੈ ਅਤੇ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਫੂਕ ਵੀ ਨਿਕਲ ਕੇ ਰਹਿ ਗਈ ਹੈ, ਜਿਸ ਕਾਰਨ ਮਜਬੂਰਨ ਕਿਸਾਨ ਸੜਕਾਂ ’ਤੇ ਉਤਰ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ੰਭੂ ਬਰਡਰ ’ਤੇ ਕਿਸਾਨ ਭਰਾਵਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਗੱਲਬਾਤ ਕਰਦਿਆਂ ਕੀਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੀਤੀ ਗਈ ਵਾਅਦਾਖਿਲਾਫੀ ਦਾ ਨਤੀਜਾ ਹੈ ਕਿ ਅੱਜ ਕਿਸਾਨ ਫਿਰ ਤੋਂ ਦਿੱਲੀ ਜਾਣ ਲਈ ਮਜਬੂਰ ਹੋਇਆ ਹੈ ਅਤੇ ਹੁਣ ਸਰਕਾਰਾਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਤਾਨਾਸ਼ਾਹੀ ਤਰੀਕੇ ਨਾਲ ਵੱਖ ਵੱਖ ਬਾਰਡਰਾਂ ’ਤੇ ਰੋਕ ਰਹੀਆਂ ਹਨ, ਜਿਸ ਤੋਂ ਸਪੱਸ਼ਟ ਹੈ ਕਿ ਲੋਕਤੰਤਰ ਵਿੱਚ ਕਿਸਾਨਾਂ ਦੀ ਆਵਾਜ਼ ਨੂੰ ਦਬਾ ਕੇ ਮਾਨਵੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸਾਨੀ ਪਰਿਵਾਰ ਨਾਲ ਸਬੰਧਤ ਹੋਣ ਕਰਕੇ ਉਹ ਜਾਣਦੇ ਹਨ ਕਿ ਸਰਕਾਰਾਂ ਨੇ ਖੇਤੀ ਨੂੰ ਮੁਨਾਫੇ ਵਾਲਾ ਧੰਦਾ ਨਹੀਂ ਰਹਿਣ ਦਿੱਤਾ ਤਾਂ ਹੀ ਕਿਸਾਨ ਅੱਜ ਰਹਿੰਦੀਆਂ ਖੂੰਹਦੀਆਂ ਫਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ)ਦਾ ਕਾਨੂੰਨ ਲਿਆਉਣ ਦੀ ਗੱਲ ਕਰ ਰਹੇ ਹਨ ਤਾਂ ਕਿ ਫਸਲ ਸਹੀ ਸਰਕਾਰ ਵੱਲੋਂ ਤੈਅ ਰੇਟ ਮਿੱਲ ਸਕੇ। ਗੱਲਬਾਤ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ ਸਵੇਰੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਿਸਾਨ ਭਰਾਵਾਂ ਨੂੰ ਖੁਦ ਆਪਣੇ ਹੱਥੀਂ ਲੰਗਰ ਵਰਤਾਇਆ ਗਿਆ ਅਤੇ ਕਿਸਾਨ ਸੰਘਰਸ਼ ਕਰਨ ਵਾਲੇ ਕਿਸਾਨ ਭਰਾਵਾਂ ਲਈ ਚੜ੍ਹਦੀਕਲਾ ਦੀ ਅਰਦਾਸ ਵੀ ਕੀਤੀ ਗਈ।

ਇਸ ਦੌਰਾਨ ਉਚੇਚੇ ਤੌਰ ’ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹਲਕਾ ਇੰਚਾਰਜ ਘਨੌਰ ਭੁਪਿੰਦਰ ਸਿੰਘ ਸ਼ੇਖੂਪੁਰ ਵੀ ਪੁੱਜੇ ਹੋਏ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਖੇਤੀ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਲੰਮਾ ਸਮਾਂ ਦਿੱਲੀ ਦੇ ਵੱਖ ਵੱਖ ਬਾਰਡਰਾਂ ’ਤੇ ਬੈਠ ਕੇ ਸੰਘਰਸ਼ ਕਰਨਾ ਪਿਆ।

ਇਸ ਦੌਰਾਨ ਸਰਕਾਰ ਨੇ ਝੁਕਦਿਆਂ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਸੀ ਅਤੇ ਕਿਸਾਨ ਜਥੇਬੰਦੀਆਂ ਨਾਲ ਐੱਮਐੱਸਪੀ ਸਮੇਤ ਕਈ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲਿਖਤੀ ਵਾਅਦਾ ਕੀਤਾ ਸੀ, ਜੋ ਅੱਜ ਤੱਕ ਸਰਕਾਰ ਪੂਰਾ ਨਾ ਕਰ ਸਕੀ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਪਹਿਲਾਂ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਚੁੱਕਿਆ ਤੇ 700 ਤੋਂ ਵੱਧ ਦੇ ਕਿਸਾਨ ਸ਼ਹੀਦ ਹੋਏ ਸਨ, ਅੱਜ ਜਦੋਂ ਕਿਸਾਨ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਹਰਿਆਣਾ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ’ਤੇ ਪੈਰਾ ਮਿਲਟਰੀ ਦਾ ਸਖ਼ਤ ਪਹਿਰਾ ਰੱਖਕੇ ਰੋਕ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਰਕਾਰ ਜਬਰ ਦੇ ਨਾਲ ਕਿਸਾਨਾਂ ਦਾ ਸਬਰ ਪਰਖਣ ’ਤੇ ਲੱਗੀ ਹੋਈ ਹੈ ਅਤੇ ਦੂਜੇ ਪਾਸੇ ਕਿਸਾਨਾਂ ’ਤੇ ਲਾਠੀਚਾਰਜ, ਹਥਿਆਰਬੰਦ ਦਸਤਿਆਂ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਆਦਿ ਬਲ ਪ੍ਰਯੋਗ ਕਰਨਾ ਬੇਹੱਦ ਮੰਦਭਾਗਾ ਵਰਤਾਰਾ ਹੈ ਅਜਿਹਾ ਕਰਕੇ ਕਿਸਾਨਾਂ ਨੂੰ ਆਪਣੇ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ਨਾਲ ਸਰਕਾਰਾਂ ਦਾ ਚਿਹਰਾ ਬੇਨਕਾਬ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਰਿਆਣਾ ਟੱਪਕੇ ਪੰਜਾਬ ਦੀ ਹੱਦ ਵਿਚ ਦਾਖਲ ਹੋ ਕੇ ਕਿਸਾਨਾਂ ’ਤੇ ਹਮਲਾ ਕਰਨਾ, ਟਰੈਕਟਰਾਂ ਦੀ ਤੋੜ ਭੰਨ ਕਰਨਾ, ਨੌਜਵਾਨਾਂ ’ਤੇ ਗੋਲੀ ਚਲਾ ਕੇ ਜਾਨ ਲੈਣ ਤੋਂ ਇਲਾਵਾ ਨੌਜਵਾਨਾਂ ’ਤੇ ਮਾਮਲੇ ਦਰਜ ਕਰਨਾ ਘਿਨੌਣਾ ਵਰਤਾਰਾ ਹੈ ਜੋ ਬੰਦ ਹੋਣਾ ਚਾਹੀਦਾ ਹੈ। ਇਸ ਮੰਦਭਾਗੀ ਘਟਨਾ ਲਈ ਹਰਿਆਣਾ ਸਰਕਾਰ ਤੇ ਪੰਜਾਬ ਸਰਕਾਰ ਅਹਿਮ ਤੌਰ ’ਤੇ ਜ਼ਿੰਮੇਵਾਰ ਹਨ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਆਈ ਹੈ ਅਤੇ ਹੁਣ ਲੰਗਰ ਅਤੇ ਮੈਡੀਕਲ ਸੇਵਾਵਾਂ ਜਾਰੀ ਰੱਖਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਹੀ ਹੈ, ਜਿਸ ਨੂੰ ਭਵਿੱਖ ਵਿਚ ਵੀ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਜੰਗ ਸਿੰਘ ਇਟਲੀ ਆਦਿ ਹਾਜ਼ਰ ਸਨ।