ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ, ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਸੁਪਰੀਮ ਕੋਰਟ ਨੇ ਹਟਾ ਦਿੱਤਾ ਹੈ। ਹਾਈ ਕੋਰਟ ਨੇ ਮਾਰਚ ਵਿੱਚ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ ‘ਤੇ ਰੋਕ ਲਾ ਦਿੱਤੀ ਸੀ, ਜਿਸ ਨੂੰ ਹੁਣ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਅੱਜ ਦੀ ਸੁਣਵਾਈ ਦੌਰਾਨ ਹਾਈ ਕੋਰਟ ਦੀ ਪਾਬੰਦੀ ਨੂੰ ਖਤਮ ਕਰ ਦਿੱਤਾ ਅਤੇ ਗੁਰਮੀਤ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿੱਚ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਇਸ ਫੈਸਲੇ ਨਾਲ ਹੁਣ ਹੇਠਲੀ ਅਦਾਲਤਾਂ ਵਿੱਚ ਗੁਰਮੀਤ ਰਾਮ ਰਹੀਮ ਖਿਲਾਫ ਬੇਅਦਬੀ ਮਾਮਲੇ ਦੀ ਕਾਰਵਾਈ ਮੁੜ ਸ਼ੁਰੂ ਹੋ ਸਕਦੀ ਹੈ।
ਇਸ ਮਾਮਲੇ ਵਿੱਚ ਹਾਈ ਕੋਰਟ ਨੇ ਕਰੀਬ 7 ਮਹੀਨੇ ਪਹਿਲਾਂ ਫਰੀਦਕੋਟ ਦੇ ਬੇਅਦਬੀ ਘਟਨਾ ਸਬੰਧੀ ਤਿੰਨ ਕੇਸਾਂ ਦੀ ਜਾਂਚ ‘ਤੇ ਰੋਕ ਲਗਾਈ ਸੀ। ਰਾਮ ਰਹੀਮ ਨੇ ਦਾਅਵਾ ਕੀਤਾ ਸੀ ਕਿ ਉਸਨੂੰ ਸਿਆਸੀ ਰਣਨੀਤੀਆਂ ਤਹਿਤ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ।