ਕਿਸਾਨਾ ਨੇ ਰੇਲ ਰੋਕੋ ਅੰਦੋਲਨ ਕੀਤਾ ਮੁਲਤਵੀ, ਮੁੱਖ ਮੰਤਰੀ ਚੰਨੀ ਨੇ ਕਿਸਾਨਾ ਦੀਆ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਲੀਡਰਾਂ ਦੀ ਮੁੱਖ ਮੰਤਰੀ ਚੰਨੀ ਨਾਲ ਚੰਡੀਗੜ੍ਹ ‘ਚ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਾਲ ਕਿਸਾਨ ਜਥੇਬੰਦੀ ਦੀ ਅਗਲੀ ਮੀਟਿੰਗ 4 ਜਨਵਰੀ ਨੂੰ ਹੋਏਗੀ।ਕਿਸਾਨ ਜਥੇਬੰਦੀ ਨੇ ਮੰਗਾ ਮੰਨਣ ਦੇ ਭਰੋਸੇ ਉਪਰੰਤ ਰੇਲ ਰੋਕੋ ਅੰਦੋਲਨ ਨੂੰ ਵੀ ਮੁਲਤਵੀ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ 31 ਦਸੰਬਰ ਨੂੰ ਸੱਦੀ ਗਈ ਹੈ।
ਦੱਸ ਦਈਏ ਕਿ ਪਿਛਲੇ 9 ਦਿਨਾਂ ਤੋਂ ਲਗਾਤਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਰੇਲ ਰੋਕੋ ਅੰਦੋਲਨ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਨਾਲ ਮੁੱਖ ਮੰਤਰੀ ਚੰਨੀ ਵੱਲੋਂ ਅੱਜ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਤਕਰੀਬਨ ਡੇਢ ਘੰਟਾ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਮੁੱਖ ਮੰਤਰੀ ਤੋਂ ਬਿਨਾ ਖੇਤੀਬਾੜੀ ਮੰਤਰੀ ਰਣਧੀਰ ਸਿੰਘ ਨਾਭਾ, ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਕਿਸਾਨ ਵਫਦ ‘ਚ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਪੰਨੂੰ, ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਭਰਾ, ਜਸਬੀਰ ਸਿੰਘ ਪਿੱਦੀ ਤੇ ਗੁਰਲਾਲ ਸਿੰਘ ਮਾਨ ਸ਼ਾਮਲ ਸਨ।
ਮੀਟਿੰਗ ‘ਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਗੜੇਮਾਰੀ ਨਾਲ ਮਾਝੇ ‘ਚ ਤਬਾਹ ਹੋਈ ਬਾਸਮਤੀ ਦੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਦਿੱਤਾ ਜਾਵੇਗਾ। ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਇੱਕ ਹਫਤੇ ‘ਚ ਦੇ ਦਿੱਤਾ ਜਾਵੇਗਾ। ਵੱਖ-ਵੱਖ ਅੰਦੋਲਨ ਦੇ ਪਹਿਲੇ ਰਹਿੰਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਵੀ ਦਿੱਤਾ ਜਾਵੇਗਾ। ਰੇਲਵੇ ਪੁਲਿਸ ਦੇ ਸਾਰੇ ਕੇਸ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਜਲਦੀ ਹੀ ਰੱਦ ਕੀਤੇ ਜਾਣਗੇ। ਬਹੁਤੇ ਪੁਲਿਸ ਕੇਸ ਵਾਪਸ ਹੋ ਗਏ ਹਨ ਤੇ ਰਹਿੰਦੇ ਕੇਸ ਵੀ ਜਲਦੀ ਵਾਪਸ ਹੋ ਜਾਣਗੇ।
ਕਿਸਾਨ ਆਗੂਆਂ ਵੱਲੋਂ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ ਗਈ ਜਿਸ ਤੇ ਸੀਐਮ ਚੰਨੀ ਵੱਲੋਂ 5 ਏਕੜ ਤੱਕ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਇੱਕ ਹਫਤੇ ਦੇ ਵਿੱਚ-ਵਿੱਚ ਖਤਮ ਕਰਨ ਦਾ ਭਰੋਸਾ ਦਿੱਤਾ ਹੈ। ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀ ਸਹਿਮਤੀ ਬਣੀ ਤੇ 65% ਕਲੈਕਟਰ ਰੇਟ ਨੂੰ 4 ਕਿਸ਼ਤਾਂ ‘ਚ ਕਿਸਾਨ ਦੇਣਗੇ। 36 ਹਜ਼ਾਰ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਕੇਂਦਰ ਵਾਲੇ ਮੁੱਦਿਆ ਤੇ ਡੀਓ ਲੈਟਰ ਕੇਂਦਰ ਨੂੰ ਲਿਖੇ ਜਾਣਗੇ।ਇਸ ਤੋਂ ਬਿਨਾ ਨਸ਼ਾਬੰਦੀ, ਬੇਰੁਜਗਾਰੀ ਦੇ ਖਾਤਮੇ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ।