ਅਜਨਾਲਾ/ਅੰਮ੍ਰਿਤਸਰ(ਰਵੀਕਾਂਤ ਸ਼ਰਮਾ)– ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ਚੋਂ ਕੱਢਣ ਲਈ ਆਪਣੇ ਘਰ,ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ‘ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ‘ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦੀ ਤਹਿਸੀਲ ਅਜਨਾਲਾ ਨਾਲ ਸਬੰਧਿਤ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦਾ ਮਿ੍ਤਕ ਸਰੀਰ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਪਹੁੰਚਣ ਉਪਰੰਤ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਪਰਿਵਾਰ ਦੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਦੀ ਕੋਸ਼ਿਸ਼ ‘ਚ ਕੁਝ ਵਰ੍ਹੇ ਪਹਿਲਾਂ ਦੁਬਈ ਮਿਹਨਤ ਮਜ਼ਦੂਰੀ ਕਰਨ ਲਈ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਦੁਬਈ ਦੀ ਇਕ ਕੰਪਨੀ ‘ਚ ਬਤੌਰ ਡਰਾਈਵਰ ਕੰਮ ਕਰਦਾ ਸੀ ਪਰ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਉਸ ਦੀ ਕੰਪਨੀ ਨੇ ਉਸ ਨੂੰ ਕੰਮ ਤੋਂ ਜੁਆਬ ਦੇ ਦਿੱਤਾ ਸੀ। ਜਿਸ ਕਾਰਨ ਉਸ ਨੇ ਵਾਪਸ ਪੰਜਾਬ ਆਪਣੇ ਘਰ ਆਉਣ ਲਈ ਬੀਤੀ 18 ਜਨਵਰੀ ਦੀ ਟਿਕਟ ਵੀ ਖਰੀਦ ਲਈ ਸੀ ਪਰ ਕੰਮ ਖੁੱਸਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਰਣਜੀਤ ਸਿੰਘ 16 ਜਨਵਰੀ ਨੂੰ ਅਚਾਨਕ ਚੱਕਰ ਖਾ ਕੇ ਜ਼ਮੀਨ ਤੇ ਡਿੱਗ ਪਿਆ,ਜਿਸ ਦੀ 17 ਜਨਵਰੀ ਨੂੰ ਹਪਸਤਾਲ ‘ਚ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨਾਲ ਰਣਜੀਤ ਦੇ ਸਬੰਧੀਆਂ ਨੇ ਸੰਪਰਕ ਕਰ ਕੇ ਪੀੜਤ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ‘ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਤੇ ਉਨ੍ਹਾਂ ਦੁਬਈ ਵਿਚਲੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਰਣਜੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਦੁਬਈ ਤੋਂ ਭਾਰਤ ਉਸ ਦੇ ਜੱਦੀ ਪਿੰਡ ਮੋਹਨ ਭੰਡਾਰੀਆਂ ਵਿਖੇ ਭੇਜਿਆ ਗਿਆ ਹੈ। ਇਸ ਸਮੁੱਚੀ ਕਾਰਵਾਈ ਦੌਰਾਨ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਵੀ ਵਿਸ਼ੇਸ਼ ਭੂਮਿਕਾ ਰਹੀ ਹੈ।