ਸ੍ਰੀ ਅਨੰਦਪੁਰ ਸਾਹਿਬ- ਦਸਮ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ‘ਚ ਗੁਰੂ ਕਾ ਮਹਿਲ, ਗੁਰਦੁਆਰਾ ਭੋਰਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਜਿਸ ਤੋਂ ਬਾਅਦ ਅੱਜ ਨਗਰ ਕੀਰਤਨ ਗੁਰਦੁਆਰਾ ਭੋਰਾ ਸਾਹਿਬ ਤੋਂ ਗੁਰਦੁਆਰਾ ਗੁਰੂ ਕਾ ਲਾਹੌਰ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਨਿਸ਼ਾਨਚੀ ਸਿੰਘਾਂ ਅਤੇ ਪੰਜ ਪਿਆਰਿਆਂ ਦੇ ਨਾਲ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿਹਰਾ ਸਾਹਿਬ ਵਿਖੇ ਪਹੁੰਚਿਆ ਜਿਥੇ ਵਿਸ਼ਰਾਮ ਤੋਂ ਬਾਅਦ ਬਰਾਤ ਰੂਪੀ ਇਹ ਨਗਰ ਕੀਰਤਨ ਕੱਲ ਗੁਰਦੁਆਰਾ ਗੁਰੂ ਕਾ ਲਾਹੌਰ ਵਿਖੇ ਸਮਾਪਤ ਹੋਵੇਗਾ।
ਹਰ ਸਾਲ ਬਸੰਤ ਪੰਚਮੀ ਵਾਲੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਮਨਾਇਆ ਜਾਂਦਾ ਹੈ, ਜਿਸ ਵਿੱਚ ਵੱਖ-ਵੱਖ ਮਠਿਆਈਆਂ ਦੇ ਲੰਗਰ ਲਗਾਏ ਜਾਂਦੇ ਹਨ। ਵਰਨਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਦੇ ਬਾਬਾ ਸੁੱਚਾ ਸਿੰਘ ਦੇਸੀ ਘਿਓ ਦਾ ਲੰਗਰ ਅਤੇ ਦੇਸੀ ਘਿਓ ਦੀਆਂ ਮਠਿਆਈਆਂ ਦਾ ਲੰਗਰ ਤਿਆਰ ਕਰਦੇ ਹਨ।
ਇਹ ਵਿਆਹ ਪੁਰਬ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੀ ਸਰਹੱਦ ਨਾਲ ਲਗਦੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਸਥਿਤ ਗੁਰੂ ਕਾ ਲਾਹੌਰ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।