ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਧਰਮ ਪਰਿਵਰਤਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਚੰਨੀ ਨੇ ਇਕ ਟੀ. ਵੀ. ਇੰਟਰਵਿਊ ਵਿਚ ਕਿਹਾ ਕਿ ਸ਼ਾਇਦ ਪਿਆਰ ਦੀ ਘਾਟ ਕਾਰਨ ਹੀ ਸਿੱਖ ਇਸਾਈ ਧਰਮ ਅਪਣਾ ਰਹੇ ਹਨ। ਜਾਰੀ ਇੱਕ ਬਿਆਨ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਮਸੀਹੀ ਭਾਈਚਾਰੇ ਦੀਆਂ ਕੁਝ ਵੋਟਾਂ ਹਾਸਲ ਕਰਨ ਲਈ ਅਜਿਹੇ ਬਿਆਨ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਚਾਰ ਸਾਹਿਬਜ਼ਾਦਿਆਂ ਅਤੇ ਪਿਤਾ ਦੀ ਸ਼ਹਾਦਤ ਤੋਂ ਬਾਅਦ ਸਾਨੂੰ ਸਿੱਖੀ ਦੀ ਬਖਸ਼ਿਸ਼ ਕੀਤੀ ਸੀ। ਇਹ ਫਰਿੱਜ ‘ਤੇ ਟੀ. ਵੀ. ਦੇਣ ਨਾਲ ਨਹੀਂ ਖਰੀਦੀ ਜਾਂਦੀ । ਉਨ੍ਹਾਂ ਕਿਹਾ ਕਿ ਚੰਨੀ ਦੇ ਬਿਆਨ ਨੇ ਉਨ੍ਹਾਂ ਦਾਅਵਿਆਂ ਨੂੰ ਵੀ ਮਜ਼ਬੂਤੀ ਦਿੱਤੀ ਹੈ ਕਿ ਚੰਨੀ ਨੇ ਈਸਾਈ ਧਰਮ ਅਪਣਾ ਲਿਆ ਹੈ। ਉਨ੍ਹਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਇਸ ਮਾਮਲੇ ਵਿੱਚ ਚੰਨੀ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਸਿੱਖ ਮੁੱਖ ਮੰਤਰੀ ਵੱਲੋਂ ਅਜਿਹਾ ਬਿਆਨ ਦੇਣਾ ਇਸ ਤੋਂ ਵੱਧ ਸ਼ਰਮਨਾਕ ਗੱਲ ਨਹੀਂ ਹੋ ਸਕਦੀ।