ਗੁਰਦੁਆਰਾ ਬਾਬਾ ਸ਼ਹੀਦ ਸਮਸਤਪੁਰ ਜਲੰਧਰ ਵਿਖੇ ਸਮੁੱਚੇ ਸੰਤ ਸਮਾਜ ਵੱਲੋਂ ਇਕੱਤਰਤਾ ਕੀਤੀ ਗਈ। ਇਸ ਇਕੱਠ ਦੀ ਅਗਵਾਈ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਕੀਤੀ। ਇਸ ਇਕੱਠ ਵਿੱਚ ਮਾਝਾ, ਮਾਲਵਾ ਅਤੇ ਦੁਆਬੇ ਤੋਂ ਸੰਤ ਪਹੁੰਚੇ। ਸਮੂਹ ਸੰਤ ਸਮਾਜ ਦੀ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੀ ਹਮਾਇਤ ਕੀਤੀ ਜਾਵੇਗੀ। ਇਹ ਜਾਣਕਾਰੀ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਦਿੱਤੀ। ਮੀਟਿੰਗ ਵਿੱਚ ਹਾਜ਼ਰ ਸਮੂਹ ਸੰਤਾਂ ਮਹਾਂਪੁਰਸ਼ਾਂ ਨੇ ਸਰਬਸੰਮਤੀ ਨਾਲ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖਾਲਸਾ ਪੰਥ ਦੀ ਮਹਾਨ ਸੰਸਥਾ ਹੈ ਜਿਸ ਦਾ ਜਨਮ ਪੰਥ ਦੀਆਂ ਧਾਰਮਿਕ ਅਤੇ ਰਾਜਨੀਤਿਕ ਚੁਣੌਤੀਆਂ ਵਿਚ ਮਹਾਨ ਸੰਘਰਸ਼ ਅਤੇ ਕੁਰਬਾਨੀਆਂ ਵਿਚੋਂ ਹੋਇਆ ਹੈ। ਆਪਣੇ ਇੱਕ ਸਦੀ ਦੇ ਲੰਮੇ ਸਫ਼ਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਹਿੱਤਾਂ ਦੀ ਰਾਖੀ ਕਰਦਿਆਂ ਵੱਡੇ ਪੱਧਰ ’ਤੇ ਮੋਰਚੇ ਚਲਾ ਕੇ ਪੰਥ ਲਈ ਮਹਾਨ ਕੁਰਬਾਨੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੱਲੋਂ ਦਰਬਾਰ ਸਾਹਿਬ ਦੀਆਂ ਵਿਰਾਸਤੀ ਸੜਕਾਂ ਦਾ ਸੁੰਦਰੀਕਰਨ, ਜੂਨ 84 ਦੇ ਘੱਲੂਘਾਰੇ ਦੀ ਸ਼ਹੀਦੀ ਯਾਦਗਾਰ, ਵਿਰਾਸਤ-ਏ-ਖਾਲਸਾ, ਚੱਪੜਚਿੜੀ ਯਾਦਗਾਰ ਆਦਿ ਦੇ ਗੌਰਵਮਈ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣ ਲਈ ਕੀਤੇ ਕਾਰਜਾਂ ‘ਤੇ ਪੰਥ ਨੂੰ ਮਾਣ ਹੈ।
ਉਨ੍ਹਾਂ ਗੁਰ ਪੰਥ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਥ ਦੇ ਭਲੇ ਲਈ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਜਿਤਾਉਣ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਤ ਮਹਾਂਪੁਰਸ਼ਾਂ ਨੇ ਇਸ ਅਪੀਲ ਦੀ ਸ਼ਲਾਘਾ ਕੀਤੀ।