ਇਲਾਹਾਬਾਦ ਹਾਈ ਕੋਰਟ ਨੇ ਵੀਰਵਾਰ ਨੂੰ ਲਖੀਮਪੁਰ ਕਾਂਡ ਜਿਸ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ, ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਅਦਾਲਤ ਦੀ ਲਖਨਊ ਬੈਂਚ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਪੂਰੀ ਕਰਨ ਤੋਂ ਬਾਅਦ ਆਸ਼ੀਸ਼ ਮਿਸ਼ਰਾ ਦੀ ਪਟੀਸ਼ਨ ‘ਤੇ 18 ਜਨਵਰੀ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਵੀਰਵਾਰ ਨੂੰ ਜਸਟਿਸ ਰਾਜੀਵ ਸਿੰਘ ਨੇ ਇਸ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।
ਕੇਂਦਰੀ ਮੰਤਰੀ ਦੇ ਪੁੱਤਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਅਤੇ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ ਕਿ ਉਸ ਨੇ ਕਿਸੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਕੁਚਲਣ ਲਈ ਉਕਸਾਇਆ ਸੀ।
ਪਟੀਸ਼ਨ ਦਾ ਵਿਰੋਧ ਕਰਦੇ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਵੀਕੇ ਸ਼ਾਹੀ ਨੇ ਕਿਹਾ ਸੀ ਕਿ ਘਟਨਾ ਦੇ ਸਮੇਂ ਆਸ਼ੀਸ਼ ਮਿਸ਼ਰਾ ਉਸ ਕਾਰ ‘ਚ ਸੀ ਜਿਸ ਨੇ ਕਿਸਾਨਾਂ ਨੂੰ ਕੁਚਲਿਆ ਸੀ।
ਪਟੀਸ਼ਨਾਂ ‘ਤੇ ਸੁਣਵਾਈ ਤੋਂ ਬਾਅਦ ਜਸਟਿਸ ਰਾਜੀਵ ਸਿੰਘ ਦੀ ਬੈਂਚ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਉਸ ਸਮੇਂ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਵਿੱਚ ਦੌਰੇ ਦਾ ਵਿਰੋਧ ਕਰ ਰਹੇ ਸਨ।
ਆਸ਼ੀਸ਼ ਮਿਸ਼ਰਾ ਇਸ ਘਟਨਾ ਦੇ ਦੋਸ਼ੀਆਂ ਵਿੱਚੋਂ ਇੱਕ ਹੈ।