ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬਾ ਪੁਲਿਸ ਨੂੰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਅਤੇ ਡਰੱਗ ਮਾਫੀਆ ਨਾਲ ਮਿਲੀਭੁਗਤ ਪਾਏ ਜਾਣ ਵਾਲੇ ਕਿਸੇ ਵੀ ਸਿਆਸਤਦਾਨ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ।
ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਮਾਫੀਆ ਨਾਲ ਮਿਲੀਭੁਗਤ ਪਾਈ ਜਾਂਦੀ ਹੈ ਤਾਂ ਸਿਆਸਤਦਾਨਾਂ ਅਤੇ ਅਧਿਕਾਰੀਆਂ ਨੂੰ ਬਖਸ਼ਿਆ ਨਹੀ ਜਾਵੇਗਾ।
ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਨਾ ਕਿ ਨਸ਼ੇੜੀਆਂ ਨੂੰ, ਕਿਉਂਕਿ ਉਹ ਲੋਕ ਪਹਿਲਾਂ ਹੀ ਡਰੱਗ ਮਾਫੀਆ ਦਾ ਸ਼ਿਕਾਰ ਹੋ ਚੁੱਕੇ ਹਨ। ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਪਲਾਈ ਚੇਨ ਦੀ ਰੀੜ੍ਹ ਦੀ ਹੱਡੀ ਟੁੱਟ ਜਾਵੇਗੀ ਅਤੇ ਪੰਜਾਬ ਜਲਦੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੇ ਪੂਰਨ ਸਹਿਯੋਗ ਤੋਂ ਬਿਨਾਂ ਇਹ ਪੂਰਾ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਭਰ ਵਿੱਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ।