ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਬੇਅਦਬੀ ਦੇ ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਆਪਣੀ ਅੰਤਿਮ ਰਿਪੋਰਟ ਵਿੱਚ ਇਨ੍ਹਾਂ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਜ਼ਿਸ਼ਕਰਤਾ ਦੇ ਤੌਰ ‘ਤੇ ਨਾਮਜ਼ਦ ਕੀਤਾ ਹੈ ਅਤੇ ਕਈ ਪੈਰੋਕਾਰਾਂ ਦਾ ਨਾਮ ਵੀ ਸ਼ਾਮਲ ਕੀਤਾ ਹੈ, ਜਿਨ੍ਹਾਂ ਵਿੱਚੋਂ ਤਿੰਨ ਫਰਾਰ ਹਨ। ਇਹ ਰਿਪੋਰਟ ਸ਼ਨੀਵਾਰ ਨੂੰ ਜਨਤਕ ਕੀਤੀ ਗਈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀਆਂ ਕਾਪੀਆਂ ਕੁਝ ਸਿੱਖ ਆਗੂਆਂ ਨੂੰ ਸੌਂਪੀਆਂ ਜੋ ਕੇਸ ਦੀ ਪੈਰਵੀ ਕਰ ਰਹੇ ਹਨ। ਇਸ ਵਿੱਚ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਅਤੇ ਬਲਦੇਵ ਸਿੰਘ ਜੋਗੇਵਾਲਾ ਸ਼ਾਮਲ ਸਨ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਇਸ ਤਰ੍ਹਾਂ ਦੀ ਰਿਪੋਰਟ ਜਨਤਕ ਕੀਤੀ ਗਈ ਹੈ।
ਇਸ ਰਿਪੋਰਟ ਵਿੱਚ ਬੇਅਦਬੀ ਦੇ ਪੁਰਾਣੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਦਾ ਵੀ ਇਸ ਰਿਪੋਰਟ ਵਿੱਚ ਜ਼ਿਕਰ ਹੈ। ਇਹ ਮਾਮਲਾ ਕਰੀਬ ਸਾਢੇ 5 ਸਾਲ ਪੁਰਾਣਾ ਹੈ। 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਵੀ ਮਿਲੇ ਸਨ। ਇਹ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਨ। ਦੋਸ਼ ਹੈ ਕਿ ਪੋਸਟਰ ਵਿੱਚ ਅਪਸ਼ਬਦ ਬੋਲੇ ਗਏ ਸਨ ਅਤੇ ਸਿੱਖ ਜਥੇਬੰਦੀਆਂ ਨੂੰ ਇਹ ਲਿਖ ਕੇ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ ਕਿ ਇਨ੍ਹਾਂ ਸਰੂਪਾਂ ਦੀ ਚੋਰੀ ਵਿੱਚ ਡੇਰੇ ਦਾ ਹੱਥ ਹੈ।