ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਮੋਗਾ ਦੀ ਇੱਕ ਨਿਆਂਇਕ ਅਦਾਲਤ ਨੇ ਡੇਰਾ ਸਿਰਸਾ ਦੇ ਤਿੰਨ ਪੈਰੋਕਾਰਾਂ ਨੂੰ 2015 ਵਿੱਚ ਮੋਗਾ ਦੇ ਪਿੰਡ ਮੱਲਕੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਥਾਣਾ ਸਮਾਲਸਰ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 295-ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ), 295 (ਧਰਮ ਦਾ ਅਪਮਾਨ ਕਰਨ ਦੇ ਇਰਾਦੇ ਨਾਲ) ਅਤੇ 120-ਬੀ (ਸਾਜ਼ਿਸ਼) ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।
ਬਾਅਦ ਵਿੱਚ, ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਮੁਲਜ਼ਮਾਂ ਦੀ ਪਛਾਣ ਡੇਰੇ ਦੀ ਸੂਬਾ ਕਮੇਟੀ ਦੇ ਮੈਂਬਰ ਅਤੇ ਮੋਗਾ ਦੇ ਬਾਘਾਪੁਰਾਣਾ ਦੇ ਰਹਿਣ ਵਾਲੇ ਪ੍ਰਿਥੀ ਸਿੰਘ, ਮਿੱਠੂ ਸਿੰਘ ਅਤੇ ਅਮਰਦੀਪ ਸਿੰਘ ਪਿੰਡ ਮੱਲਕੇ ਵਜੋਂ ਕੀਤੀ। SIT ਨੂੰ ਬਰਗਾੜੀ ਬੇਅਦਬੀ ਕਾਂਡ ਵਿੱਚ ਪ੍ਰਿਥੀ ਤੋਂ ਪੁੱਛਗਿੱਛ ਦੌਰਾਨ ਇਸ ਮਾਮਲੇ ਵਿੱਚ ਡੇਰਾ ਪੈਰੋਕਾਰਾਂ ਦੀ ਸ਼ਮੂਲੀਅਤ ਬਾਰੇ ‘ਮਹੱਤਵਪੂਰਨ ਸੁਰਾਗ’ ਮਿਲੇ ਹਨ।
ਇਸੇ ਦਿਨ ਫਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਪਵਿੱਤਰ ਗ੍ਰੰਥ ਦਾ ਕਵਰ ਪੇਜ ਪਾਇਆ ਗਿਆ ਸੀ, ਜਿਸ ਤੋਂ ਬਾਅਦ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਸਨ।
ਰਾਹੁਲ ਗਰਗ, ਜੇ.ਐਮ.ਆਈ.ਸੀ, ਮੋਗਾ ਦੀ ਅਦਾਲਤ ਨੇ ਇਨ੍ਹਾਂ ਤਿੰਨ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ‘ਤੇ ਉਨ੍ਹਾਂ ਨੂੰ ਛੇ ਮਹੀਨੇ ਹੋਰ ਕੈਦ ਕੱਟਣੀ ਪਵੇਗੀ।