ਤਿੰਨ ਮਹੀਨੇ ਬਾਅਦ ਵੀ ਇਮੀਗ੍ਰੇਸ਼ਨ ਧੋਖਾਧੜੀ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ: ਬਾਜਵਾ
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਉਸ ਦੀ ਢਿੱਲੀ ਪਹੁੰਚ ਲਈ ਝਿੜਕਿਆ, ਜਿਸ ਵਿੱਚ ਲਗਭਗ 700 ਭਾਰਤੀ, ਜ਼ਿਆਦਾਤਰ ਪੰਜਾਬੀ, ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡਾ ਵਿੱਚ ਦੇਸ਼ ਨਿਕਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਮੁੱਦੇ ਨੂੰ ਸਾਹਮਣੇ ਆਏ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਇਮੀਗ੍ਰੇਸ਼ਨ ਘੁਟਾਲੇ ਦੇ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਪੰਜਾਬ ਪੁਲਿਸ ਨੇ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ।
ਇੱਕ ਬਿਆਨ ‘ਚ ਬਾਜਵਾ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਜ਼ਿਆਦਾਤਰ ਪੀੜਤ ਆਮ ਪਰਿਵਾਰਾਂ ਨਾਲ ਸਬੰਧਿਤ ਹਨ। ਜ਼ਿਆਦਾਤਰ ਵਿਦਿਆਰਥੀਆਂ ਦੇ ਪਰਿਵਾਰਾਂ ਨੇ ਜਾਂ ਤਾਂ ਬੈਂਕਾਂ ਤੋਂ ਭਾਰੀ ਕਰਜ਼ੇ ਲਏ, ਆਪਣੀਆਂ ਜਾਇਦਾਦਾਂ ਵੇਚ ਦਿੱਤੀਆਂ, ਜਾਂ ਆਪਣੇ ਰਿਸ਼ਤੇਦਾਰਾਂ ਤੋਂ ਪੈਸੇ ਉਧਾਰ ਲੈ ਕੇ ਉਨ੍ਹਾਂ ਨੂੰ ਕੈਨੇਡਾ ਭੇਜਿਆ ਤਾਂ ਜੋ ਉਹ ਉੱਥੇ ਸੈਟਲ ਹੋ ਸਕਣ ਅਤੇ ਆਪਣੇ ਸੁਪਨੇ ਪੂਰੇ ਕਰ ਸਕਣ।”
“ਮੈਂ ਇਹ ਜਾਨਣ ਲਈ ਬਹੁਤ ਉਤਸੁਕ ਹਾਂ ਕਿ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਹੋਣ ਤੋਂ ਬਚਾਉਣ ਲਈ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਜਾਂ ਕੀ ਇਹ ਪੰਜਾਬ ਦੀ ‘ਆਪ’ ਸਰਕਾਰ ਦੀ ਸਰਾਸਰ ਲਾਪਰਵਾਹੀ ਹੈ ਕਿਉਂਕਿ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਅਜੇ ਵੀ ਗ੍ਰਿਫ਼ਤਾਰ ਨਹੀਂ ਹੋਇਆ?” ਬਾਜਵਾ ਨੇ ਪੁੱਛਿਆ।