GTA News Media

Top Info Bar
22.1°C Toronto Loading date...
India Punjab

ਬੰਗਲੌਰ ਦੇ ਕਾਲਜ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਲਾਹ ਕੇ ਆਉਣ ਲਈ ਕਹਿਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ-ਐਡਵਕੇਟ ਧਾਮੀ

ਬੰਗਲੌਰ ਦੇ ਕਾਲਜ ਵੱਲੋਂ ਅੰਮ੍ਰਿਤਧਾਰੀ ਲੜਕੀ ਨੂੰ ਦਸਤਾਰ ਲਾਹ ਕੇ ਆਉਣ ਲਈ ਕਹਿਣਾ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ-ਐਡਵਕੇਟ ਧਾਮੀ
Share this post via:

ਸ਼੍ਰੋਮਣੀ ਕਮੇਟੀ ਨੇ ਮਾਮਲੇ ਨੂੰ ਲੈ ਕੇ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 24 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਨਾਟਕਾ ਦੇ ਬੰਗਲੌਰ ’ਚ ਇਕ ਕਾਲਜ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਲੜਕੀ ਨੂੰ ਦਸਤਾਰ ਲਾਹ ਕੇ ਕਾਲਜ ਆਉਣ ਲਈ ਆਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਜਿਥੇ ਸੂਬੇ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੀ ਬਰਕਰਾਰੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਉਥੇ ਹੀ ਭਾਰਤ ਲਈ ਸਿੱਖਾਂ ਦੇ ਯੋਗਦਾਨ ਨੂੰ ਵੀ ਯਾਦ ਕਰਵਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਇਹ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਇਹ ਨਾਦਰਸ਼ਾਹੀ ਫੈਸਲਾ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਦਸਤਾਰ ਦਾ ਵੱਡਾ ਮਹੱਤਵ ਹੈ ਅਤੇ ਇਹ ਸਿੱਖ ਦੇ ਪਹਿਰਾਵੇ ਦਾ ਇਕ ਅਹਿਮ ਅੰਗ ਹੈ। ਕਿਸੇ ਨੂੰ ਵੀ ਦਸਤਾਰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਦਾ ਉਲੰਘਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਜਿੰਦਾ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੀ ਹੈ। ਉਨ੍ਹਾਂ ਕਿਹਾ ਕਿ ਉਸ ਭਾਰਤ ਦੇਸ਼ ਅੰਦਰ ਸਿੱਖਾਂ ਦੀ ਦਸਤਾਰ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ, ਜਿਸ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਚੀਫ ਜਸਟਿਸ ਅਤੇ ਫ਼ੌਜ ਦੇ ਮੁਖੀ ਵੀ ਸਿੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਅੰਦਰ ਅੱਜ ਸਿੱਖ ਦਸਤਾਰ ਸਜਾ ਕੇ ਵੱਖ-ਵੱਖ ਅਹੁਦਿਆਂ ’ਤੇ ਕਾਰਜ ਕਰ ਰਹੇ ਹਨ, ਜਦਕਿ ਆਪਣੇ ਦੇਸ਼ ਭਾਰਤ ਅੰਦਰ ਦਸਤਾਰ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਵਾਲੀ ਸੋਚ ਕਦੇ ਵੀ ਦੇਸ਼ ਦੇ ਹਿੱਤ ਵਿਚ ਨਹੀਂ ਹੋ ਸਕਦੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਅਜਿਹੇ ਮਾਮਲਿਆਂ ਵਿਚ ਦਖ਼ਲ ਦੇਣ ਅਤੇ ਹਰ ਸੂਬੇ ਨੂੰ ਲੋਕਾਂ ਦੀ ਧਾਰਮਿਕ ਅਜ਼ਾਦੀ ਬਰਕਰਾਰ ਰੱਖਣ ਦੀਆਂ ਹਦਾਇਤਾਂ ਜਾਰੀ ਕਰਨ। ਉਨ੍ਹਾਂ ਕਰਨਾਟਕਾ ਸਰਕਾਰ ਤੋਂ ਸਖ਼ਤ ਸ਼ਬਦਾਂ ਵਿਚ ਮੰਗ ਕੀਤੀ ਕਿ ਇਸ ਘਨੌਣੀ ਹਰਕਤ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਰਾਹ ਵਿਚ ਰੋੜਾ ਬਣਨ ਵਾਲੇ ਲੋਕਾਂ ਦੀ ਜਵਾਬ ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਧਾਰਮਿਕ ਅਜ਼ਾਦੀ ਨੂੰ ਦਬਾਉਣ ਦੇ ਵਰਤਾਰੇ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।