GTA News Media

Top Info Bar
22.1°C Toronto Loading date...
Punjab

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ
Share this post via:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਸੇਵਾ ਸੰਭਾਲ ਲਈ ਹੈ। ਸੇਵਾ ਸੰਭਾਲ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਨਿਹੰਗ ਜਥੇਬੰਦੀ ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਤੇ ਬਾਬਾ ਜੱਸਾ ਸਿੰਘ, ਦਿੱਲੀ ਕਮੇਟੀ ਵੱਲੋਂ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਦਲਜੀਤ ਸਿੰਘ ਚੀਮਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪਰਮਜੀਤ ਸਿੰਘ ਸਰਨਾ ਸਮੇਤ ਵੱਖ-ਵੱਖ ਤਖ਼ਤਾਂ ਦੇ ਸਾਬਕਾ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸਿੱਖ ਸੰਪ੍ਰਦਾਵਾਂ, ਕਾਰਸੇਵਾ ਵਾਲੇ ਮਹਾਂਪੁਰਸ਼ਾਂ, ਸਭਾ-ਸੁਸਾਇਟੀਆਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ, ਸਮਾਜਕ ਤੇ ਪੰਥਕ ਸ਼ਖਸੀਅਤਾਂ ਨੇ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਯੁਕਤੀ ਸਬੰਧੀ 16 ਜੂਨ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਮਤਾ ਪੜ੍ਹਿਆ, ਜਿਸ ਦਾ ਹਾਜ਼ਰ ਖ਼ਾਲਸਾ ਪੰਥ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਨਾਮ ਦਾ ਐਲਾਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਮਿਲਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਲਈ ਚੁਣੌਤੀਆਂ ਭਰਿਆ ਸਮਾਂ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੁੱਚੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੌਮ ਦੀ ਸੁਜੋਗ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੇਵਾ ਸੰਭਾਲ ਸਮਾਗਮ ’ਚ ਪੁੱਜੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।