GTA News Media

Top Info Bar
22.1°C Toronto Loading date...
Punjab

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਸ਼ਹੀਦੀ ਨਗਰ ਕੀਰਤਨ
Share this post via:

ਲੱਖਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੀਤਾ ਸਤਿਕਾਰ ਭੇਟ

ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ’ਤੇ ਪੁੱਜੀਆਂ ਹੋਈਆਂ ਸਨ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਕੀਤੀ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮ ਨੂੰ ਕੀਤੇ ਆਦੇਸ਼ ਅਨੁਸਾਰ ਨਗਰ ਕੀਰਤਨ ਦੌਰਾਨ 10:00 ਵਜੇ ਸੰਗਤਾਂ ਨੇ ਸਮੂਹਕ ਰੂਪ ਵਿਚ ਮੂਲ ਮੰਤਰ ਦੇ ਜਾਪ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਸਮਾਪਤੀ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ।

ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸ਼ਹਾਦਤਾਂ ਦੇ ਕੇ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਗੁਰਮਤਿ ਦੇ ਵਿਲੱਖਣ ਸਿਧਾਂਤ ਦਿੱਤੇ ਹਨ, ਪਰੰਤੂ ਕੁਝ ਲੋਕਾਂ ਵੱਲੋਂ ਗੁਰਮਤਿ ਫਲਸਫੇ ਤੋਂ ਪਾਸੇ ਜਾ ਕੇ ਸਿੱਖਾਂ ਨੂੰ ਗੁਮਰਾਹ ਕਰਨ ਦੇ ਯਤਨ ਹੋ ਰਹੇ ਹਨ। ਉਨ੍ਹਾਂ ਸ਼ਹੀਦੀ ਸਮਾਗਮ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰੰਮੀ ਲੜੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਮਹਿਲ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸ਼ਹਾਦਤਾਂ ਮਾਤਮ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹਨ ਜਿਸ ਤੋਂ ਅਜੋਕੀ ਨੌਜੁਆਨੀ ਨੂੰ ਵਾਕਫ ਕਰਵਾਉਣ ਦੀ ਵੱਡੀ ਲੋੜ ਹੈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁਟ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕਰਦੇ ਹੋਏ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।