GTA News Media

Top Info Bar
22.1°C Toronto Loading date...
Punjab

ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ

ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਕਰੇਗੀ ਪੰਜਾਬ ਸਰਕਾਰ
Share this post via:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸਾਨ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਬਾਰਡਰ ਦੇ ਨਜ਼ਦੀਕ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖਮੀਆਂ ਨੂੰ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ‘ਚੋਂ ਦੋ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ।

ਡਾ. ਬਲਬੀਰ ਸਿੰਘ ਨੇ ਧਰਨਾਕਾਰੀ ਕਿਸਾਨਾਂ ‘ਤੇ ਪੁਲਿਸ ਦੀ ਬੇਲੋੜੀ ਕਾਰਵਾਈ ਲਈ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਭੂਮਿਕਾ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਕੌਮੀ ਰਾਜਮਾਰਗ ਦੇਸ਼ ਦੀ ਸੰਪਤੀ ਹੈ ਅਤੇ ਕਿਸਾਨਾਂ ਨੇ ਹਰਿਆਣਾ ਦੇ ਰਸਤੇ ਤੋਂ ਦਿੱਲੀ ਜਾਣਾ ਸੀ।

ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਉਠਾਉਣ ਲਈ ਕੌਮੀ ਰਾਜਧਾਨੀ ਤੱਕ ਜਾਣ ਤੋਂ ਨਾ ਰੋਕਣ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਏਮਜ਼ ਮੋਹਾਲੀ ਵਿਖੇ ਆਪਣੇ ਦੌਰੇ ਦੌਰਾਨ ਐਮਰਜੈਂਸੀ ਕੇਅਰ ਵਿੱਚ ਦਿੱਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਨੂੰ ਹੋਰ ਦੇਖਭਾਲ ਲਈ ਪੀ.ਜੀ.ਆਈ ਜਾਂ ਸਰਕਾਰੀ ਮੈਡੀਕਲ ਕਾਲਜ-32 ਵਿੱਚ ਰੈਫਰ ਨਾ ਕਰਨਾ ਪਵੇ।