ਬਾਘਾ ਪੁਰਾਣਾ ਵਿਖੇ ਕਾਗਰਸ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਚੰਨੀ
ਬਾਘਾ ਪੁਰਾਣਾ (ਮੋਗਾ ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।
ਬਾਘਾ ਪੁਰਾਣਾ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ ਜਿਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੱਧੂ ਵੀ ਹਾਜ਼ਰ ਸਨ।ਇਸ ਮੌਕੇ ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਨੇ ਪੰਜਾਬ ਵਿਰੁੱਧ ਹਰੇਕ ਮਾੜੇ ਕੰਮ ‘ਚ ਬਾਦਲਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਤੇ ਹੋਰ ਅਜਿਹੇ ਕਾਰੋਬਾਰ ਬਾਦਲਾਂ ਦੇ ਦੁਰਸ਼ਾਸਨ ਦੌਰਾਨ ਹੀ ਵਧੇ-ਫੁਲੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਮਾਫੀਏ ਨੇ ਪੰਜਾਬ ਦਾ ਸਰਮਾਏ ਦੀ ਅੰਨ੍ਹੀ ਲੁੱਟ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਦਲਾਂ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ ਅਤੇ ਇਹ ਦਿਨ ਹੁਣ ਬਹੁਤ ਦੂਰ ਨਹੀਂ ਹਨ।
ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਵੀ ਹਮਲਾ ਕਰਦਿਆਂ ਉਸ ਨੂੰ ਅਫਵਾਹਾਂ ਫੈਲਾਉਣ ਵਾਲਾ ਸਿਆਸਤਦਾਨ ਦੱਸਿਆ ਜੋ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਹਥਿਆਉਣ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਹਮੇਸ਼ਾ ਆਪਣੀ ਧਰਤੀ ਅਤੇ ਲੋਕਾਂ ਨੂੰ ਬੇਹੱਦ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ‘ਚ ਪੰਜਾਬੀਆਂ ਨੇ ਨਾ ਤਾਂ ਕਦੇ ਪੰਜਾਬ ਦੀ ਸੱਤਾ ਬਾਹਰੀ ਵਿਅਕਤੀ ਦੇ ਹੱਥ ‘ਚ ਸੌਂਪੀਂ ਹੈ ਅਤੇ ਨਾ ਹੀ ਭਵਿੱਖ ‘ਚ ਅਜਿਹਾ ਹੋਣ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਮਾਡਲ ਦਾ ਕੋਈ ਵਜੂਦ ਨਹੀਂ ਹੈ ਜਦੋ ਕਿ ਕਾਂਗਰਸ ਦੇ ਪੰਜਾਬ ਮਾਡਲ ਨਾਲ ਲੋਕਾਂ ਨੂੰ ਬਿਹਤਰ ਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕਿਹਾ ਕਿ ਉਹ ਵੀ ਇਕ ਸਧਾਰਨ ਪਰਿਵਾਰ ਨਾਲ ਹੀ ਸਬੰਧ ਰੱਖਦੇ ਹਨ ਜਿਸ ਕਾਰਨ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰੇਕ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਹੀ ਚੁੱਕਿਆ ਜਾਂਦਾ ਹੈ। ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ, ਆਮ ਲੋਕਾਂ ਲਈ ਅਤੇ ਆਮ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਹੈ।
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਬਾਘਾਪੁਰਾਣਾ ‘ਚ ਇੱਕ ਨਰਸਿੰਗ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਸਟੇਡੀਅਮ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲਜ ਤੇ ਸਪੋਰਟਸ ਅਕਾਦਮੀ ਲਈ ਗਰਾਂਟਾਂ ਦੇ ਨਾਲ ਬਾਘਾਪੁਰਾਣਾ ਦੇ ਦੋ ਮੌਜੂਦਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਮਾਧ ਭਾਈ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ ਹੈ।
ਮੁੱਖ ਮੰਤਰੀ ਚੰਨੀ ਤੇ ਸਿੱਧੂ ਦਾ ਸਵਾਗਤ ਕਰਦਿਆਂ ਬਾਘਾਪੁਰਾਣਾ ਤੋਂ ਕਾਗਰਸ ਦੇ ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਇਹਨਾਂ ਆਗੂਆਂ ਵੱਲੋਂ ਇਸ ਹਲਕੇ ਦਾ ਦੌਰਾ ਕਰਨ ਲਈ ਉਨ੍ਹਾਂ ਕੋਲ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੇ ਸੱਤਾ ‘ਚ ਆਉਣ ਨਾਲ ਵਰਕਰਾਂ ਦਾ ਮਾਣ-ਸਨਮਾਨ ਬਹਾਲ ਹੋਇਆ ਹੈ। ਦਰਸ਼ਨ ਬਰਾੜ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹਲਕੇ ਨੂੰ ਗ੍ਰਾਂਟਾਂ ਦੇਣ ਲਈ ਵੀ ਧੰਨਵਾਦ ਕੀਤਾ ਹੈ।