ਬੇਅਦਬੀ ਮਾਮਲਿਆਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮੀਟਿੰਗ, ਕਈ ਅਹਿਮ ਫੈਸਲੇ ਲਏ
ਬੇਅਦਬੀ ਮਾਮਲਿਆਂ ਬਾਰੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਟਿੰਗ ਕੀਤੀ । ਇਸ ਮੀਟਿੰਗ ‘ਚ ਅਹਿਮ ਫੈਸਲੇ ਲਏ ਗਏ। ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਨੇ ਕਿਹਾ ਕਿ ਕਪੂਰਥਲਾ ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਜਲਦ ਤੋਂ ਜਲਦ ਜਾਂਚ ਕਰੇ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਵੱਡੀ ਸਾਜਿਸ਼ ਹੈ ਜਿਸ ਦਾ ਸੱਚ ਸਾਹਮਣੇ ਆਉਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਵਿਰੁੱਧ ਦਰਜ ਮੁਕੱਦਮੇ ਦੀਆਂ ਧਾਰਾਵਾਂ ਬਹੁਤ ਹੀ ਨਰਮ ਹਨ। ਇਸ ‘ਚ ਮੌਤ ਦੀ ਸਜਾ ਦਾ ਪ੍ਰਵਾਧਾਨ ਕੀਤਾ ਜਾਏ ਤਾਂ ਹੀ ਇਨ੍ਹਾਂ ਘਟਨਾਵਾਂ ‘ਚ ਰੁਕਾਵਟ ਆ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਵੱਡੀ ਸਾਜਿਸ਼ ਤਹਿਤ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਿੰਦੂ ਤੇ ਬਾਕੀ ਧਰਮਾਂ ਦੇ ਲੋਕਾਂ ਨੂੰ ਯਕੀਨ ਦਵਾਉਂਦੇ ਹਾਂ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਸੋਸ਼ਲ ਮੀਡੀਆ ਤੇ ਭੋਰਸਾ ਨਾ ਕਰੋ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਧਾਮੀ ਨੇ ਅੰਮ੍ਰਿਤਸਰ ‘ਚ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਇਹ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ‘ਚ ਦਾਖਲ ਹੋਇਆ ਤੇ ਕਿਵੇਂ ਪਹੁੰਚਿਆ। ਉਹਨਾ ਨੇ ਕਿਹਾ ਕਿ ਇਸ ਪੂਰੇ ਕਾਰੇ ਪਿੱਛੇ ਬਹੁਤ ਹੀ ਵੱਡੀ ਸਾਜਿਸ਼ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੇ ਮਾਮਲਿਆਂ ਤੇ ਦੋਸ਼ੀਆਂ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਰਿਪੋਰਟ 26 ਦਸੰਬਰ ਤੱਕ ਮੰਗੀ ਹੈ। ਕਮਿਸ਼ਨ ਨੇ ਪੰਜਾਬ ਦੇ ਚੀਫ ਸੈਕਟਰ ਨੂੰ ਵੀ ਨੋਟਿਸ ਜਾਰੀ ਕਰਕੇ ਰਿਪੋਰਟ ਮੰਗੀ ਹੈ।