GTA News Media

Top Info Bar
22.1°C Toronto Loading date...
Punjab

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਬਲਾਤਕਾਰ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਕੀਤਾ ਆਤਮ ਸਮਰਪਣ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਬਲਾਤਕਾਰ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਕੀਤਾ ਆਤਮ ਸਮਰਪਣ
Share this post via:

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਚਾਰ ਹੋਰਾਂ ਨੇ 44 ਸਾਲਾ ਔਰਤ ਨਾਲ ਜਬਰ ਜਨਾਹ ਮਾਮਲੇ ਵਿੱਚ ਸੋਮਵਾਰ ਨੂੰ ਲੁਧਿਆਣਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।

ਸਵੇਰੇ 10.15 ਵਜੇ ਦੇ ਕਰੀਬ ਬੈਂਸ ਨੇ ਮੁਲਜ਼ਮ ਪਰਮਜੀਤ ਸਿੰਘ ਪੰਮਾ, ਜਸਬੀਰ ਕੌਰ, ਬਲਜਿੰਦਰ ਕੌਰ ਅਤੇ ਪਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ ਸਮੇਤ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।

ਅਦਾਲਤ ਨੇ ਹਾਲ ਹੀ ਵਿੱਚ ਬੈਂਸ ਦੀ ਜਾਇਦਾਦ ਕੁਰਕ ਕੀਤੀ ਸੀ। ਇਸ ਤੋਂ ਇਲਾਵਾ ਪਿੰਡ ਆਲਮਗੀਰ ਵਿਖੇ ਪਰਮਜੀਤ ਸਿੰਘ ਪੰਮਾ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਸੀ।

ਉਸ ਨੂੰ ਹੋਰ ਮੁਲਜ਼ਮਾਂ ਸਮੇਤ 12 ਅਪ੍ਰੈਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ।

ਐਡੀਸ਼ਨਲ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਉਸੇ ਦਿਨ ਉਸ ਦੀ ਜ਼ਮਾਨਤ ਪਟੀਸ਼ਨ ਵੀ ਖਾਰਜ ਕਰ ਦਿੱਤੀ ਸੀ।

ਜਦੋਂ ਉਸ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲੀ ਤਾਂ ਸਥਾਨਕ ਪੁਲੀਸ ਨੇ ਸਾਰੇ ਮੁਲਜ਼ਮਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ।

ਜੁਲਾਈ 2021 ਵਿਚ ਸਥਾਨਕ ਅਦਾਲਤ ਦੇ ਹੁਕਮਾਂ ‘ਤੇ ਉਸ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। ਦਸੰਬਰ 2021 ਵਿਚ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਉਸ ਸਮੇਂ, ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ।

ਸਥਾਨਕ ਪੁਲਿਸ ਨੇ ਹਾਲ ਹੀ ਵਿੱਚ ਇਸ ਮਾਮਲੇ ਵਿੱਚ ਉਸਦੇ ਭਰਾ ਕਰਮਜੀਤ ਸਿੰਘ ਬੈਂਸ ਅਤੇ ਪ੍ਰਾਪਰਟੀ ਡੀਲਰ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।

16 ਨਵੰਬਰ 2020 ਨੂੰ ਔਰਤ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਵਿਧਾਇਕ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਅਰਜ਼ੀ ਦਿੱਤੀ ਸੀ। ਉਹ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਮਿਸ਼ਨਰ ਦਫ਼ਤਰ ਦੇ ਬਾਹਰ ਲੰਮੇ ਸਮੇਂ ਤੱਕ ਧਰਨੇ ’ਤੇ ਬੈਠੀ ਰਹੀ।

ਐਫਆਈਆਰ ਦਰਜ ਨਾ ਹੋਣ ਕਾਰਨ ਔਰਤ ਨੇ ਸਥਾਨਕ ਅਦਾਲਤ ਵਿੱਚ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਮੰਗੇ ਅਤੇ ਉਸ ਤੋਂ ਬਾਅਦ ਕੇਸ ਦਰਜ ਕੀਤਾ ਗਿਆ।