GTA News Media

Top Info Bar
22.1°C Toronto Loading date...
Punjab

ਸੁਰੱਖਿਆ ਕਰਮੀਆਂ ਨੇ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇ ਰਹੀਆਂ ਮਹਿਲਾ ਕਰਮਚਾਰੀਆਂ ‘ਤੇ ਚੜ੍ਹਾਈ ਗੱਡੀ

ਸੁਰੱਖਿਆ ਕਰਮੀਆਂ ਨੇ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇ ਰਹੀਆਂ ਮਹਿਲਾ ਕਰਮਚਾਰੀਆਂ ‘ਤੇ ਚੜ੍ਹਾਈ ਗੱਡੀ
Share this post via:

ਅੰਮ੍ਰਿਤਸਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਵਿਰੋਧ ਕਰ ਰਹੀਆਂ ਮਲਟੀਪਰਪਜ਼ ਹੈਲਥ ਵਰਕਰਜ਼ ਫੀਮੇਲ ‘ਤੇ ਸਿੱਧੂ ਦੇ ਸੁਰੱਖਿਆ ਕਰਮੀਆਂ ਨੇ ਗੱਡੀ ਚੜ੍ਹਾ ਦਿੱਤੀ। ਜ਼ਖ਼ਮੀ ਵਰਕਰਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਵਰਕਰਾਂ ਦਾ ਦੋਸ਼ ਹੈ ਕਿ ਸਿੱਧੂ ਦੇ ਸੁਰੱਖਿਆ ਕਰਮੀਆਂ ਨੇ ਨਾ ਸਿਰਫ ਉਨ੍ਹਾਂ ਨਾਲ ਝੜਪ ਕੀਤੀ ਸਗੋਂ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਨਵਜੋਤ ਸਿੰਘ ਸਿੱਧੂ ਵੀ ਸਾਰੀ ਘਟਨਾ ਨੂੰ ਦੇਖ ਰਹੇ ਸਨ।

ਪਤਾ ਲੱਗਾ ਹੈ ਕਿ ਸਿਹਤ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਿਰ ਤੋਂ ਕੱਥੂਨੰਗਲ ਟੋਲ ਪਲਾਜ਼ਾ ’ਤੇ ਦਿਨ-ਰਾਤ ਦਾ ਧਰਨਾ ਦਿੱਤਾ ਗਿਆ। ਆਪਣੇ ਮੁਲਾਜ਼ਮਾਂ ਦੀ ਸਾਰ ਨਾ ਲੈਣ ਕਾਰਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹੋਰਨਾਂ ਮੁਲਾਜ਼ਮਾਂ ਨੇ ਅੱਜ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਇੱਕ ਗੇਟ ’ਤੇ ਮੁਲਾਜ਼ਮਾਂ ਦੀ ਗਿਣਤੀ ਘੱਟ ਰਹੀ। ਸਿੱਧੂ ਦੀ ਸੁਰੱਖਿਆ ’ਚ ਤਾਇਨਾਤ ਕਰਮਚਾਰੀਆਂ ਵਲੋਂ ਗੇਟ ’ਤੇ ਤਾਇਨਾਤ ਕਰਮਚਾਰੀਆਂ ਨੂੰ ਵੇਖਦੇ ਹੋਏ ਉੱਥੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਅਮਨਦੀਪ ਕੌਰ ’ਤੇ ਗੱਡੀ ਚੜ੍ਹ ਗਈ। ਅਮਨਦੀਪ ਕੌਰ ਨੇ ਦੱਸਿਆ ਕਿ ਉਸ ਦੀ ਜੈਕੇਟ ਅਤੇ ਕੱਪੜੇ ਪਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਅਮਨਦੀਪ ਕੌਰ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਰਕਾਰ ਅੰਗਰੇਜ਼ ਸਰਕਾਰ ਦੇ ਰਾਹ ‘ਤੇ ਚੱਲ ਰਹੀ ਹੈ ਅਤੇ ਜੋ ਲੋਕ ਆਵਾਜ਼ ਉਠਾ ਰਹੇ ਹਨ, ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਵਾਜ਼ ਉਠਾਉਣ ਦਾ ਅਧਿਕਾਰ ਹੈ।